Sunday, December 8, 2024
HomePUNJABਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਜੀਪੀ...

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਫ਼ਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਹਿਲੀ ਜੂਨ ਨੂੰ ਵੋਟਾਂ ਜ਼ਰੂਰ ਪਾਉਣ ਅਤੇ ਕੰਮ ਕਰਨ ਵਾਲੇ ਲੋਕਾਂ ਨੂੰ ਹੀ ਵੋਟਾਂ ਪਾਉਣ।

ਉਨ੍ਹਾਂ ਕਿਹਾ ਕਿ ਦਹਾਕਿਆਂ ਦੇ ਸੰਘਰਸ਼ ਤੋਂ ਬਾਅਦ ਸਾਨੂੰ ਆਪਣੀ ਪਸੰਦ ਦੇ ਉਮੀਦਵਾਰ ਨੂੰ ਵੋਟ ਪਾ ਕੇ ਚੁਣਨ ਦਾ ਅਧਿਕਾਰ ਮਿਲਿਆ ਹੈ। ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਚੰਦਰਸ਼ੇਖਰ ਆਜ਼ਾਦ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਾਨੂੰ ਇਹ ਵੋਟਰ ਕਾਰਡ ਦਿੱਤਾ ਹੈ, ਇਸ ਲਈ ਯਕੀਨੀ ਤੌਰ ‘ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੋ ਅਤੇ ਆਪਣੀ ਪਸੰਦ ਦੇ ਨੁਮਾਇੰਦੇ ਦੀ ਚੋਣ ਕਰੋ। ਲਾਲਚ ਜਾਂ ਗੁੰਮਰਾਹ ਹੋ ਕੇ ਆਪਣੀ ਵੋਟ ਬਰਬਾਦ ਨਾ ਕਰਨਾ।

ਗੁਰਪ੍ਰੀਤ ਜੀਪੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਉਮੀਦਵਾਰ ਨੂੰ ਚੁਣੋ ਜੋ ਤੁਹਾਡੇ ਦੁੱਖ ਦਰਦ ਨੂੰ ਸਮਝਦਾ ਹੋਵੇ। ਗੁਰਪ੍ਰੀਤ ਜੀਪੀ ਆਮ ਪਰਿਵਾਰ ਤੋਂ ਹਨ, ਸੰਘਰਸ਼ ਕਰਕੇ ਇੱਥੇ ਤੱਕ ਆਏ ਹਨ। ਉਹ ਤੁਹਾਡੀ ਹਰ ਸਮੱਸਿਆ ਤੋਂ ਜਾਣੂ ਹਨ। ਉਹ ਸੰਸਦ ਵਿੱਚ ਤੁਹਾਡੀ ਆਵਾਜ਼ ਬਣ ਕੇ ਤੁਹਾਡੇ ਹੱਕਾਂ ਲਈ ਲੜਨਗੇ।

ਉਨ੍ਹਾਂ ਕਿਹਾ ਕਿ ਭਾਜਪਾ ਵਾਂਗ ਅਸੀਂ ਜਾਤ ਤੇ ਧਰਮ ਦੇ ਨਾਂ ‘ਤੇ ਵੋਟਾਂ ਨਹੀਂ ਮੰਗਦੇ। ਇਸ ਚੋਣ ਵਿੱਚ ਅਸੀਂ ਆਪਣੇ ਪਿਛਲੇ ਦੋ ਸਾਲਾਂ ਦੇ ਬਿਜਲੀ, ਨਹਿਰੀ ਪਾਣੀ, ਸਕੂਲ ਅਤੇ ਹਸਪਤਾਲ ਦੇ ਕੰਮਾਂ ਦੇ ਨਾਂ ‘ਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਾਂ। ਅਸੀਂ ਬਿਨਾਂ ਕਿਸੇ ਸਿਫ਼ਾਰਸ਼ ਦੇ 43 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ। ਆਮ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਕਰ ਦਿੱਤੇ ਹਨ। ਕਿਸਾਨਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕੀਤੀ ਗਈ ਅਤੇ ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ ਦਿਨ ਵੇਲੇ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਗਈ।

ਰੋਡ ਸੇਫ਼ਟੀ ਫੋਰਸ (ਐਸ.ਐਸ.ਐਫ.) ਦਾ ਜ਼ਿਕਰ ਕਰਦਿਆਂ ਮਾਨ ਨੇ ਕਿਹਾ ਕਿ ਪਿਛਲੇ ਸਾਲ ਅਸੀਂ ਰੋਡ ਸੇਫ਼ਟੀ ਫੋਰਸ ਦਾ ਗਠਨ ਕੀਤਾ ਸੀ, ਜਿਸ ਕਾਰਨ ਹੁਣ ਤੱਕ 1250 ਦੇ ਕਰੀਬ ਲੋਕਾਂ ਦੀ ਸੜਕ ਹਾਦਸਿਆਂ ਵਿੱਚ ਜਾਨ ਬਚੀ ਹੈ। ਪਿਛਲੇ ਸਾਲ ਮਾਰਚ-ਅਪ੍ਰੈਲ ਵਿੱਚ ਸੜਕ ਹਾਦਸਿਆਂ ਵਿੱਚ ਕਰੀਬ 1500 ਲੋਕਾਂ ਦੀ ਮੌਤ ਹੋ ਗਈ ਸੀ। ਜਦੋਂ ਕਿ ਇਸ ਸਾਲ ਇਨ੍ਹਾਂ ਮਹੀਨਿਆਂ ਵਿੱਚ ਹੀ 250 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਇਲਾਵਾ ਜ਼ਖ਼ਮੀਆਂ ਨੂੰ ਕਰੀਬ 18.5 ਲੱਖ ਰੁਪਏ ਦੀ ਨਕਦੀ ਅਤੇ ਸਾਮਾਨ ਵਾਪਸ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਹਾਦਸੇ ਤੋਂ ਬਾਅਦ ਉਸ ਦਾ ਸਾਰਾ ਸਮਾਨ ਗ਼ਾਇਬ ਹੋ ਜਾਂਦਾ ਸੀ।

ਇਸ ਤੋਂ ਇਲਾਵਾ ਅਸੀਂ ਪੰਜਾਬ ਦੇ 59 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਇਆ ਹੈ। ਜਦੋਂ ਮੈਂ ਮਾਰਚ 2022 ਵਿੱਚ ਮੁੱਖ ਮੰਤਰੀ ਬਣਿਆ ਤਾਂ ਸਿਰਫ਼ 21 ਫ਼ੀਸਦੀ ਖੇਤਾਂ ਨੂੰ ਹੀ ਨਹਿਰੀ ਪਾਣੀ ਮਿਲ ਰਿਹਾ ਸੀ। ਅਕਤੂਬਰ ਤੱਕ 70 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਦੇਵਾਂਗੇ, ਜਿਸ ਤੋਂ ਬਾਅਦ ਪੰਜਾਬ ਦੇ ਕਰੀਬ 6 ਲੱਖ ਟਿਊਬਵੈੱਲ ਬੇਕਾਰ ਹੋ ਜਾਣਗੇ। ਫਿਰ ਸਰਕਾਰ ਨੂੰ ਲਗਭਗ 5000 ਤੋਂ 6000 ਕਰੋੜ ਰੁਪਏ ਦੀ ਬੱਚਤ ਹੋਵੇਗੀ। ਉਸ ਪੈਸੇ ਨਾਲ ਅਸੀਂ ਆਪਣੀਆਂ ਮਾਵਾਂ ਅਤੇ ਭੈਣਾਂ ਨੂੰ ਹਰ ਮਹੀਨੇ 1000 ਰੁਪਏ ਦੇਵਾਂਗੇ। ਅਸੀਂ ਆਪਣੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰਨ ਦੀ ਯੋਜਨਾ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਹਰ ਖੇਤਰ ਦੇ ਵਿਕਾਸ ਲਈ ਕੰਮ ਕੀਤਾ ਹੈ।

ਇਸ ਦੇ ਨਾਲ ਹੀ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਦਸ ਸਾਲ ਰਾਜ ਕਰਨ ਤੋਂ ਬਾਅਦ ਜਾਤ, ਧਰਮ ਅਤੇ ਮੰਗਲ-ਸੂਤਰ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਨ। ਜਦਕਿ ਭਾਜਪਾ ਨਫ਼ਰਤ ਦੀ ਰਾਜਨੀਤੀ ਕਰਦੀ ਹੈ। ਉਹ ਲੋਕਾਂ ਨੂੰ ਜਾਤ-ਪਾਤ ਅਤੇ ਧਰਮ ਦੇ ਨਾਂ ‘ਤੇ ਡਰਾ ਕੇ ਵੋਟਾਂ ਹਾਸਲ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੀ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਪੰਜਾਬ ਦੇ ਲੋਕ ਨਫ਼ਰਤ ਦੀ ਰਾਜਨੀਤੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਪੰਜਾਬ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਇੱਥੋਂ ਦੇ ਲੋਕ ਗੁਰਪੁਰਬ, ਈਦ, ਹੋਲੀ, ਦੀਵਾਲੀ ਅਤੇ ਰਾਮਨੌਮੀ ਇਕੱਠੇ ਮਨਾਉਂਦੇ ਹਨ। ਭਾਜਪਾ ਦੀ ਨਫਰਤ ਦੀ ਰਾਜਨੀਤੀ ਇੱਥੇ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ।

ਜਾਣਕਾਰੀ ਦਿੰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ 16 ਮਈ ਨੂੰ ਪੰਜਾਬ ਆਉਣਗੇ ਅਤੇ ਇੱਥੇ ਲੋਕਾਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਅੰਮ੍ਰਿਤਸਰ ਜਾ ਕੇ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਮੱਥਾ ਟੇਕਣਗੇ, ਫਿਰ ਉੱਥੇ ਮੇਰੇ ਨਾਲ ਰੋਡ ਸ਼ੋਅ ਕਰਨਗੇ।

ਉਨ੍ਹਾਂ ਕਿਹਾ ਕਿ ਭਾਜਪਾ ਵਾਲਿਆਂ ਨੂੰ ਇਹ ਭੁਲੇਖਾ ਸੀ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਪਾ ਕੇ ਉਹ ਆਮ ਆਦਮੀ ਪਾਰਟੀ ਨੂੰ ਖ਼ਤਮ ਕਰ ਦੇਣਗੇ, ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਆਮ ਆਦਮੀ ਪਾਰਟੀ ਦਰਿਆ ਵਾਂਗ ਹੈ ਅਤੇ ਦਰਿਆ ਆਪਣਾ ਰਸਤਾ ਆਪ ਹੀ ਬਣਾਉਂਦਾ ਹੈ। ਦਰਿਆ ਨੂੰ ਵਹਿਣ ਤੋਂ ਰੋਕਿਆ ਨਹੀਂ ਜਾ ਸਕਦਾ।

‘ਆਪ’ ਉਮੀਦਵਾਰ ਗੁਰਪ੍ਰੀਤ ਜੀਪੀ ਨੇ ਕਿਹਾ- ਪੰਜਾਬ ਦੇ ਆਮ ਲੋਕ ਅਤੇ ਕਿਸਾਨ ਸਰਕਾਰ ਤੋਂ ਬਹੁਤ ਖ਼ੁਸ਼ ਹਨ, ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ ਦਿਨ ਵੇਲੇ ਆਪਣੀ ਮੋਟਰਾਂ ਲਈ ਨਿਰਵਿਘਨ ਬਿਜਲੀ ਮਿਲ ਰਹੀ ਹੈ ਅਤੇ ਆਮ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਪੰਜਾਬ ਦੇ ਆਮ ਲੋਕ ਅਤੇ ਕਿਸਾਨ ਪਿਛਲੇ ਦੋ ਸਾਲਾਂ ਵਿੱਚ ਮਾਨ ਸਰਕਾਰ ਦੇ ਕੰਮਾਂ ਤੋਂ ਬਹੁਤ ਖ਼ੁਸ਼ ਹਨ, ਕਿਉਂਕਿ ਉਨ੍ਹਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਮਿਲ ਰਹੀਆਂ ਹਨ। ਕਿਸਾਨਾਂ ਨੂੰ ਦਿਨ ਵੇਲੇ ਨਹਿਰੀ ਪਾਣੀ ਅਤੇ ਮੋਟਰਾਂ ਲਈ ਬਿਜਲੀ ਬਿਨਾਂ ਕਿਸੇ ਕੱਟ ਤੋਂ ਮਿਲ ਰਹੀ ਹੈ ਅਤੇ ਆਮ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਆਰਥਿਕ ਬੱਚਤ ਹੋ ਰਹੀ ਹੈ।

RELATED ARTICLES

Most Popular