ਨਵੀਂ ਦਿੱਲੀ: ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਸਵਾਤੀ ਮਾਲੀਵਾਲ ਮਾਮਲੇ ‘ਚ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਇਸ ਮਾਮਲੇ ‘ਚ ਚੁੱਪੀ ਬਣਾਈ ਰੱਖਣ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਰਾਸ਼ਟਰੀ ਰਾਜਧਾਨੀ ਹੈ ਅਤੇ ਦੁਨੀਆਂ ਭਰ ਦੇ ਸਮੁੱਚੇ ਕੂਟਨੀਤਕ ਭਾਈਚਾਰੇ ਦਾ ਘਰ ਹੈ। ਔਰਤਾਂ ਦੀ ਸੁਰੱਖਿਆ ਦੇ ਮੁੱਦੇ ‘ਤੇ ਅਜਿਹੀਆਂ ਸ਼ਰਮਨਾਕ ਘਟਨਾਵਾਂ ਅਤੇ ਅਸੰਵੇਦਨਸ਼ੀਲ ਅਤੇ ਸਾਜ਼ਿਸ਼ ਰਚਣ ਵਾਲੀਆਂ ਘਟਨਾਵਾਂ ਦੁਨੀਆਂ ਭਰ ‘ਚ ਭਾਰਤ ਦੇ ਅਕਸ ਨੂੰ ਖ਼ਰਾਬ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੇ ਕਿਸੇ ਹੋਰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਅਜਿਹੀ ਘਟਨਾ ਵਾਪਰੀ ਹੁੰਦੀ ਤਾਂ ਹੁਣ ਤੱਕ ਭਾਰਤ ਵਿਰੋਧੀ ਬਾਹਰੀ ਤਾਕਤਾਂ ਨੇ ਭਾਰਤ ‘ਚ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਤਿੱਖਾ ਪ੍ਰਤੀਕਰਮ ਦੇਣਾ ਸ਼ੁਰੂ ਕਰ ਦਿੱਤਾ ਹੁੰਦਾ। ਇਸ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੇ ਗੁੱਸੇ ਦੀ ਅਣਹੋਂਦ ਕਈ ਸਵਾਲ ਛੱਡਦੀ ਹੈ। ਦਿੱਲੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੈਂ ਭਰੋਸਾ ਦਿਵਾਉਂਦਾ ਹਾਂ ਕਿ ਮਾਮਲੇ ਨੂੰ ਇਸ ਦੇ ਤਰਕਪੂਰਨ ਅੰਜਾਮ ਤੱਕ ਪਹੁੰਚਾਇਆ ਜਾਵੇਗਾ।